ਗੁਲਾਬੀ ਸੁੰਡੀ ਦੀ ਮਾਰ ਹੇਠ ਆਏ ਕਿਸਾਨਾਂ ਦੀ ਸਾਰ ਲੈਣ ਦੀ ਮੰਗ

1

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 22 ਅਕਤੂਬਰ

ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਗੁਲਾਬੀ ਸੁੰਡੀ ਦੇ ਹਮਲਿਆਂ ਕਾਰਨ ਤਬਾਹ ਹੋਈ ਕਪਾਹ ਪੱਟੀ ਦੇ ਕਿਸਾਨਾਂ ਦੀ ਸਾਰ ਲੈਣ ਅਤੇ ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੁਰੰਤ ਦੂਰ ਕਰਨ ਦੀ ਮੰਗ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਮੌਸਮ ਬਦਲਣ ਕਾਰਨ ਤਾਪਮਾਨ ਬਹੁਤ ਘਟ ਗਿਆ ਹੈ, ਜਿਸ ਕਾਰਨ ਨਮੀ ਦੀ 17 ਫੀਸਦੀ ਤੈਅਸ਼ੁਦਾ ਮਾਤਰਾ ਹਾਸਲ ਕਰਨੀ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਵੱਧ ਨਮੀ ਕਾਰਨ ਕਿਸਾਨਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰੁਲਣਾ ਪੈਂਦਾ ਹੈ ਅਤੇ ਖਰੀਦ ਹੋ ਜਾਣ ਮਗਰੋਂ ਵੀ ਕਈ ਦਿਨ ਤੱਕ ਲਿਫਟਿੰਗ ਨਹੀਂ ਹੁੰਦੀ। ਇਸ ਤੋਂ ਇਲਾਵਾ 48 ਘੰਟਿਆਂ ਵਿੱਚ ਭੁਗਤਾਨ ਦਾ ਸਰਕਾਰੀ ਦਾਅਵਾ ਵੀ ਝੂਠਾ ਹੈ। ਕਿਸਾਨਾਂ ਨੂੰ ਬੈਂਕਾਂ ਦੇ ਕਈ ਗੇੜੇ ਮਾਰਨੇ ਪੈਂਦੇ ਹਨ ਪਰ ਖਾਤਿਆਂ ਵਿੱਚ ਰਕਮ ਨਹੀਂ ਪਹੁੰਚਦੀ। ਬੁਲਾਰਿਆਂ ਨੇ ਮੰਗ ਕੀਤੀ ਕਿ ਖ਼ਰੀਦ ਲਈ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵਧਾ ਕੇ 20 ਫੀਸਦੀ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਬੁਲਾਰਿਆਂ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਦੇ ਮਾਮਲੇ ’ਤੇ ਫਿਕਰ ਕਰਦਿਆਂ ‘ਖੁਦਕੁਸ਼ੀ ਨਹੀਂ ਸੰਘਰਸ਼’ ਦਾ ਰਾਹ ਅਪਨਾਉਣ ਦਾ ਸੱਦਾ ਦਿੱਤਾ ਹੈ। ਸੰਘਰਸ਼ੀ ਅਖਾੜਿਆਂ ਤੋਂ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਗਈ। ਅੱਜ ਸੰਘਰਸ਼ੀ ਅਖਾੜਿਆਂ ਤੋਂ ਗੁਰੂ ਰਾਮਦਾਸ ਦਾ 487ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ। 

Leave a Reply