ਮੁੱਖ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਖਫ਼ਾ

0

ਗੁਰਦੀਪ ਸਿੰਘ ਲਾਲੀ

ਸੰਗਰੂਰ, 21 ਅਕਤੂਬਰ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਖਫ਼ਾ ਹੈ।

ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੋਸ਼ ਲਾਇਆ ਕਿ ਐੱਸਸੀ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਵੱਲੋਂ ਐੱਸਸੀ ਭਾਈਚਾਰੇ ਦੀਆਂ ਜਥੇਬੰਦੀਆਂ ਨੂੰ ਹੀ ਮਿਲਣ ਤੋਂ ਇਨਕਾਰ ਕਰਨਾ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਬੀਤੀ 12 ਅਕਤੂਬਰ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਲਿਤਾਂ ਨੇ ਆਪਣੇ ਹਿੱਸੇ ਦੀਆਂ ਪੰਚਾਇਤੀ ਅਤੇ ਨਜ਼ੂਲ ਜ਼ਮੀਨਾਂ ਸਮੇਤ ਕਰਜ਼ੇ ਦੇ ਮਸਲੇ ਸਬੰਧੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੋਠੀ ਅੱਗੇ ਪ੍ਰਦਰਸ਼ਨ ਕੀਤਾ ਸੀ ਜਿੱਥੇ ਉਨ੍ਹਾਂ ਦੇ ਸਪੈਸ਼ਲ ਡਿਊਟੀ ਅਫ਼ਸਰ ਰਾਹੀਂ 21 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ ਪਰ ਬੀਤੀ ਸ਼ਾਮ ਮੁੱਖ ਮੰਤਰੀ ਦੇ ਓਐੱਸਡੀ ਰਵਿੰਦਰ ਸਿੰਘ ਨੇ ਆਗੂਆਂ ਨੂੰ ਫੋਨ ਕਰਕੇ ਮੀਟਿੰਗ ਮੁਲਤਵੀ ਕਰ ਕੇ ਕੁਝ ਦਿਨ ਬਾਅਦ ਦੁਬਾਰਾ ਸਮਾਂ ਦੇਣ ਦਾ ਸੁਨੇਹਾ ਲਗਾਇਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਦਲਿਤ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟਣਾ ਇਸ ਗੱਲ ਨੂੰ ਸਾਫ ਕਰਦਾ ਹੈ ਕਿ ਉਹ ਚੋਣਾਂ ਵਿੱਚ ਦਲਿਤ ਵੋਟ ਬੈਂਕ ਨੂੰ ਹਥਿਆਉਣ ਦੀ ਸਿਰਫ਼ ਇੱਕ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਚਾਲ ਨੂੰ ਬੇਨਕਾਬ ਕਰਨ ਲਈ ਪਿੰਡਾਂ ’ਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਕ ਹਫ਼ਤੇ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।

Leave a Reply