ਲੁਧਿਆਣਾ ਦੀ ਅਦਾਲਤ ਵਿੱਚ ਬੰਬ ਧਮਾਕਾ; ਇੱਕ ਹਲਾਕ,ਵਕੀਲ ਸਣੇ 5 ਫੱਟੜ

ਗਗਨਦੀਪ ਅਰੋੜਾ

ਲੁਧਿਆਣਾ, 23 ਦਸੰਬਰ

ਲੁਧਿਆਣਾ ਦੇ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਵਿੱਚ ਅੱਜ ਦੁਪਹਿਰ ਵੇਲੇ ਬਾਥਰੂਮ ਵਿੱਚ ਬੰਬ ਧਮਾਕਾ ਹੋਇਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਵਕੀਲ ਸਣੇ 5 ਲੋਕ ਫੱਟੜ ਹੋ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਘਟਨਾ ਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਨੇ ਵੀ ਪੰਜਾਬ ਸਰਕਾਰ ਤੋਂ ਇਸ ਧਮਾਕੇ ਬਾਰੇ ਰਿਪੋਰਟ ਮੰਗੀ ਹੈ। ਮੌਕੇ ’ਤੇ ਮੁੱਢਲੀ ਪੜਤਾਲ ਵਿੱਚ ਪੁਲੀਸ ਨੂੰ ਖਦਸ਼ਾ ਹੈ ਕਿ ਜੋ ਵਿਅਕਤੀ ਬਾਥਰੂਮ ਦੇ ਅੰਦਰ ਬੰਬ ਲਗਾ ਰਿਹਾ ਸੀ ਤਾਂ ਉਸ ਸਮੇਂ ਬੰਬ ਫੱਟ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀਆਂ ਲੱਤਾਂ ਉਡ ਗਈਆਂ। ਘਟਨਾ ਤੋਂ ਬਾਅਦ ਮੌਕੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਪੁਲੀਸ ਮੁਖੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਫੱਟੜਾਂ ਦਾ ਹਾਲ ਵੀ ਪੁੱਛਿਆ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਦਾਲਤ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੁਲੀਸ ਇਸ ਬੰਬ ਧਮਾਕੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਮੌਕੇ ’ਤੇ ਐੱਨਆਈਏ ਦੀ ਟੀਮ ਵੀ ਜਾਂਚ ਲਈ ਪੁੱਜ ਰਹੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲੇ ਮ੍ਰਿਤਕ ਦੀ ਤਾਂ ਪਛਾਣ ਨਹੀਂ ਹੋ ਸਕੀ ਹੈ ਪਰ ਫੱਟੜਾਂ ਵਿੱਚ ਸੰਦੀਪ ਕੌਰ, ਸ਼ਰਨਜੀਤ ਕੌਰ, ਮਨੀਸ਼ ਕੁਮਾਰ, ਵਕੀਲ ਕੁਲਦੀਪ ਸਿੰਘ ਮੰਡ ਤੇ ਕ੍ਰਿਸ਼ਨ ਖੰਨਾ ਸ਼ਾਮਲ ਹਨ।

ਸਿਆਸੀ ਆਗੂਆਂ ਵੱਲੋਂ ਧਮਾਕੇ ਦੀ ਨਿਖੇਧੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੀ ਨਿੰਦਾ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਦੇਸ਼ ਵਿਰੋਧੀ ਅਨਸਰਾਂ ਨੇ ਅਤਿਵਾਦੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਜ਼ਖ਼ਮੀ ਲੋਕਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

Leave a Reply